Job 13

1ਵੇਖੋ, ਮੇਰੀ ਅੱਖ ਨੇ ਇਹ ਸਭ ਕੁਝ ਵੇਖਿਆ ਹੈ, ਮੇਰੇ ਕੰਨਾਂ ਨੇ ਇਹ ਸੁਣਿਆ ਅਤੇ ਸਮਝਿਆ ਹੈ । 2ਜਿਵੇਂ ਤੁਸੀਂ ਜਾਣਦੇ ਹੋ ਮੈਂ ਵੀ ਜਾਣਦਾ ਹਾਂ, ਮੈਂ ਤੁਹਾਡੇ ਨਾਲੋਂ ਕੁਝ ਘੱਟ ਨਹੀਂ ਹਾਂ ।

3ਪਰ ਮੈਂ ਸਰਬ ਸ਼ਕਤੀਮਾਨ ਨਾਲ ਬੋਲਣਾ, ਅਤੇ ਪਰਮੇਸ਼ੁਰ ਨਾਲ ਵਾਦ-ਵਿਵਾਦ ਕਰਨਾ ਚਾਹੁੰਦਾ ਹਾਂ, 4ਪਰ ਤੁਸੀਂ ਝੂਠੀਆਂ ਗੱਲਾਂ ਦੇ ਘੜਣ ਵਾਲੇ ਹੋ, ਤੁਸੀਂ ਸਾਰੇ ਦੇ ਸਾਰੇ ਨਿਕੰਮੇ ਵੈਦ ਹੋ ! 5ਕਾਸ਼ ਕਿ ਤੁਸੀਂ ਬਿਲਕੁਲ ਚੁੱਪ ਰਹਿੰਦੇ, ਤਾਂ ਇਸ ਨਾਲ ਤੁਸੀਂ ਬੁੱਧਵਾਨ ਠਹਿਰਦੇ !

6ਤੁਸੀਂ ਹੁਣ ਮੇਰੀ ਦਲੀਲ ਸੁਣੋ, ਅਤੇ ਮੇਰੇ ਬੁੱਲ੍ਹਾਂ ਦੇ ਦਾਵਿਆਂ ਉੱਤੇ ਕੰਨ ਲਾਓ । 7ਕੀ ਤੁਸੀਂ ਪਰਮੇਸ਼ੁਰ ਦੇ ਲਈ ਕੁਧਰਮ ਦੀਆਂ ਗੱਲਾਂ ਕਰੋਗੇ, ਅਤੇ ਉਹ ਦੇ ਲਈ ਛਲ ਦੀਆਂ ਗੱਲਾਂ ਬੋਲੋਗੇ ? 8ਕੀ ਤੁਸੀਂ ਉਹ ਦਾ ਪੱਖਪਾਤ ਕਰੋਗੇ, ਜਾਂ ਪਰਮੇਸ਼ੁਰ ਲਈ ਮੁਕੱਦਮਾ ਲੜੋਗੇ ?

9ਭਲਾ ਇਹ ਚੰਗਾ ਹੋਵੇਗਾ ਕਿ ਉਹ ਤੁਹਾਨੂੰ ਜਾਂਚੇ, ਜਾਂ ਤੁਸੀਂ ਉਹ ਨੂੰ ਧੋਖਾ ਦਿਓਗੇ ਜਿਵੇਂ ਆਦਮੀ ਨੂੰ ਧੋਖਾ ਦਿੰਦੇ ਹੋ ? 10ਜੇ ਤੁਸੀਂ ਲੁਕ ਕੇ ਪੱਖਪਾਤ ਕਰੋਗੇ, ਤਾਂ ਉਹ ਤੁਹਾਨੂੰ ਸਖ਼ਤੀ ਨਾਲ ਝਿੜਕੇਗਾ ।

11ਭਲਾ, ਉਹ ਦੀ ਮਹਾਨਤਾ ਤੁਹਾਨੂੰ ਨਹੀਂ ਡਰਾਉਂਦੀ ਅਤੇ ਉਹ ਦਾ ਭੈ ਤੁਹਾਡੇ ਉੱਤੇ ਨਹੀਂ ਪੈਂਦਾ ? 12ਤੁਹਾਡੇ ਮਸਲੇ ਖ਼ਾਕ ਦੀਆਂ ਕਹਾਉਤਾਂ ਹਨ, ਤੁਹਾਡੇ ਗੜ੍ਹ ਮਿੱਟੀ ਦੇ ਗੜ੍ਹ ਹਨ !

13ਮੇਰੇ ਅੱਗੇ ਚੁੱਪ ਰਹੋ ਤਾਂ ਜੋ ਮੈਂ ਗੱਲ ਕਰਾਂ, ਫੇਰ ਜੋ ਹੋਵੇ ਸੋ ਹੋਵੇ ! 14ਮੈਂ ਕਿਉਂ ਆਪਣਾ ਮਾਸ ਆਪਣੇ ਦੰਦਾਂ ਨਾਲ ਚੱਬਾਂ, ਅਤੇ ਆਪਣੀ ਜਾਨ ਤਲੀ ਉੱਤੇ ਰੱਖਾਂ ? 15ਵੇਖੋ, ਉਹ ਮੈਨੂੰ ਵੱਢ ਸੁੱਟੇਗਾ, ਮੈਨੂੰ ਕੋਈ ਆਸ ਨਹੀਂ, ਤਾਂ ਵੀ ਮੈਂ ਆਪਣੇ ਚਾਲ-ਚਲਣ ਲਈ ਉਹ ਦੇ ਨਾਲ ਵਾਦ-ਵਿਵਾਦ ਕਰਾਂਗਾ ।

16ਇਹ ਵੀ ਮੇਰੀ ਮੁਕਤੀ ਦਾ ਕਾਰਨ ਹੋਵੇਗਾ ਕਿ ਕੋਈ ਕੁਧਰਮੀ ਉਹ ਦੇ ਹਜ਼ੂਰ ਜਾ ਨਹੀਂ ਸਕਦਾ । 17ਧਿਆਨ ਲਗਾ ਕੇ ਮੇਰੇ ਬਚਨਾਂ ਨੂੰ ਸੁਣੋ, ਅਤੇ ਮੇਰੀ ਬੇਨਤੀ ਤੁਹਾਡੇ ਕੰਨਾਂ ਵਿੱਚ ਪਵੇ ।

18ਹੁਣ ਵੇਖੋ, ਮੈਂ ਆਪਣੇ ਮੁਕੱਦਮੇ ਦੀ ਤਿਆਰੀ ਪੂਰੀ ਕਰ ਲਈ ਹੈ, ਮੈਂ ਜਾਣਦਾ ਹਾਂ ਕਿ ਮੈਂ ਨਿਰਦੋਸ਼ ਠਹਿਰਾਂਗਾ । 19ਕੌਣ ਮੇਰੇ ਨਾਲ ਬਹਿਸ ਕਰੇਗਾ ? ਜੇਕਰ ਕੋਈ ਅਜਿਹਾ ਹੋਵੇ ਤਾਂ ਮੈਂ ਚੁੱਪ ਰਹਾਂਗਾ ਅਤੇ ਪ੍ਰਾਣ ਤਿਆਗ ਦਿਆਂਗਾ ।

20ਦੋ ਹੀ ਕੰਮ ਮੇਰੇ ਨਾਲ ਨਾ ਕਰ, ਤਦ ਮੈਂ ਤੇਰੇ ਹਜ਼ੂਰੋਂ ਨਾ ਲੁਕਾਂਗਾ । 21ਤੂੰ ਆਪਣਾ ਹੱਥ ਮੇਰੇ ਉੱਤੋਂ ਦੂਰ ਕਰ ਲੈ, ਅਤੇ ਤੇਰਾ ਭੈ ਮੈਨੂੰ ਨਾ ਡਰਾਵੇ । 22ਤਦ ਮੈਨੂੰ ਬੁਲਾਈਂ ਅਤੇ ਮੈਂ ਉੱਤਰ ਦਿਆਂਗਾ, ਜਾਂ ਮੈਂ ਬੋਲਾਂਗਾ ਅਤੇ ਤੂੰ ਜਵਾਬ ਦੇ !

23ਮੇਰੀਆਂ ਬੁਰਾਈਆਂ ਅਤੇ ਪਾਪ ਕਿੰਨੇ ਹਨ ? ਮੇਰਾ ਅਪਰਾਧ ਅਤੇ ਪਾਪ ਮੈਨੂੰ ਦੱਸ ! 24ਤੂੰ ਆਪਣਾ ਮੂੰਹ ਕਿਉਂ ਲੁਕਾਉਂਦਾ ਹੈਂ, ਅਤੇ ਮੈਨੂੰ ਆਪਣਾ ਵੈਰੀ ਗਿਣਦਾ ਹੈਂ ? 25ਕੀ ਤੂੰ ਉੱਡਦੇ ਪੱਤੇ ਨੂੰ ਡਰਾਵੇਂਗਾ ? ਕੀ ਤੂੰ ਸੁੱਕੇ ਘਾਹ ਦਾ ਪਿੱਛਾ ਕਰੇਂਗਾ ?

26ਕਿਉਂ ਜੋ ਤੂੰ ਮੇਰੇ ਵਿਰੁੱਧ ਕੌੜੀਆਂ ਗੱਲਾਂ ਲਿਖਦਾ ਹੈਂ, ਅਤੇ ਮੇਰੀ ਜੁਆਨੀ ਦੀਆਂ ਬਦੀਆਂ ਮੇਰੇ ਪੱਲੇ ਪਾਉਂਦਾ ਹੈਂ । 27ਤੂੰ ਮੇਰੇ ਪੈਰਾਂ ਨੂੰ ਕਾਠ ਵਿੱਚ ਠੋਕਦਾ ਹੈਂ, ਅਤੇ ਮੇਰੇ ਸਾਰੇ ਰਾਹਾਂ ਦੀ ਨਿਗਾਹਬਾਨੀ ਕਰਦਾ ਹੈਂ, ਅਤੇ ਮੇਰੇ ਪੈਰਾਂ ਨੂੰ ਕੀਲ ਦਿੰਦਾ ਹੈਂ !

ਮੈਂ ਤਾਂ ਸੜੀ ਹੋਈ ਚੀਜ਼ ਵਰਗਾ ਹਾਂ ਜੋ ਹੰਢਾਈ ਹੋਈ ਹੈ, ਜਾਂ ਉਸ ਕੱਪੜੇ ਵਰਗਾ ਜਿਸ ਨੂੰ ਕੀੜੇ ਨੇ ਖਾ ਲਿਆ ਹੋਵੇ !

28

Copyright information for PanULB