Job 39

1ਕੀ ਤੂੰ ਪਹਾੜੀ ਬੱਕਰੀਆਂ ਦੇ ਸੂਣ ਦਾ ਵੇਲਾ ਜਾਣਦਾ ਹੈਂ ? ਕੀ ਤੂੰ ਹਿਰਨੀਆਂ ਦੀ ਪੀੜ ਨੂੰ ਵੇਖਦਾ ਹੈਂ ? 2ਕੀ ਤੂੰ ਉਹ ਮਹੀਨੇ ਜਿਹੜੇ ਉਹ ਪੂਰੇ ਕਰਦੀਆਂ ਹਨ ਗਿਣ ਸਕਦਾ ਹੈਂ, ਅਤੇ ਉਹ ਵੇਲਾ ਜਦ ਉਹ ਸੂੰਦੀਆਂ ਹਨ ਜਾਣਦਾ ਹੈਂ ?

3ਉਹ ਝੁਕ ਜਾਂਦੀਆਂ, ਉਹ ਆਪਣੇ ਬੱਚੇ ਜਣਦੀਆਂ ਹਨ, ਉਹ ਆਪਣੀਆਂ ਪੀੜਾਂ ਤੋਂ ਛੁੱਟ ਜਾਂਦੀਆਂ ਹਨ । 4ਉਹਨਾਂ ਦੇ ਬੱਚੇ ਤਕੜੇ ਹੋ ਜਾਂਦੇ, ਉਹ ਮੈਦਾਨ ਵਿੱਚ ਪਲਦੇ ਹਨ, ਉਹ ਨਿੱਕਲ ਜਾਂਦੇ ਹਨ ਅਤੇ ਮੁੜ ਉਹਨਾਂ ਕੋਲ ਨਹੀਂ ਆਉਂਦੇ ।

5ਕਿਸ ਨੇ ਜੰਗਲੀ ਗਧੇ ਨੂੰ ਖੁੱਲ੍ਹਾ ਛੱਡਿਆ, ਜਾਂ ਕਿਸ ਨੇ ਉਸ ਦੇ ਬੰਧਨ ਖੋਲ੍ਹੇ, 6ਉਸ ਦਾ ਨਿਵਾਸ ਮੈਂ ਖੁੱਲ੍ਹੇ ਮੈਦਾਨ ਨੂੰ ਠਹਿਰਾਇਆ, ਅਤੇ ਉਹ ਦਾ ਵਸੇਬਾ ਖ਼ਾਰੀ ਭੂਮੀ ਨੂੰ ?

7ਉਹ ਨਗਰ ਦੇ ਰੌਲੇ ਉੱਤੇ ਹੱਸਦਾ ਹੈ, ਉਹ ਹੱਕਣ ਵਾਲੇ ਦੇ ਸ਼ੋਰ ਨੂੰ ਨਹੀਂ ਸੁਣਦਾ । 8ਉਹ ਆਪਣੇ ਚਰਾਂਦ ਲਈ ਪਹਾੜਾਂ ਤੇ ਲੱਭਦਾ ਫਿਰਦਾ ਹੈ, ਉਹ ਹਰ ਇੱਕ ਹਰੀ ਚੀਜ਼ ਦੀ ਭਾਲ ਕਰਦਾ ਹੈ ।

9ਕੀ ਜੰਗਲੀ ਸਾਨ੍ਹ ਤੇਰੀ ਸੇਵਾ ਕਰੇਗਾ, ਜਾਂ ਤੇਰੀ ਖੁਰਲੀ ਉੱਤੇ ਰਾਤ ਕੱਟੇਗਾ ? 10ਕੀ ਤੂੰ ਜੰਗਲੀ ਸਾਨ੍ਹ ਨੂੰ ਰੱਸਿਆਂ ਨਾਲ ਬੰਨ੍ਹ ਕੇ ਆਪਣੇ ਵਾਹੁਣ ਵਿੱਚ ਚਲਾ ਸਕਦਾ ਹੈਂ ? ਜਾਂ ਉਹ ਘਾਟੀਆਂ ਵਿੱਚ ਤੇਰੇ ਪਿੱਛੇ-ਪਿੱਛੇ ਸੁਹਾਗਾ ਫੇਰੇਗਾ ?

11ਕੀ ਤੂੰ ਉਹ ਦੇ ਵੱਡੇ ਬਲ ਦੇ ਕਾਰਨ ਉਹਦੇ ਉੱਤੇ ਭਰੋਸਾ ਕਰੇਂਗਾ, ਅਤੇ ਆਪਣਾ ਕੰਮ-ਧੰਦਾ ਉਹ ਦੇ ਉੱਤੇ ਛੱਡੇਂਗਾ ? 12ਕੀ ਤੂੰ ਉਸ ਦਾ ਭਰੋਸਾ ਕਰੇਂਗਾ ਕਿ ਉਹ ਤੇਰਾ ਅਨਾਜ ਖਿੱਚ ਕੇ ਘਰ ਲਿਆਵੇ ਅਤੇ ਤੇਰੇ ਪਿੜ ਵਿੱਚ ਇਕੱਠਾ ਕਰੇ ?

13ਸ਼ੁਤਰ ਮੁਰਗੀ ਖੁਸ਼ੀ ਨਾਲ ਆਪਣੇ ਪਰ ਮਾਰਦੀ ਹੈ, ਪਰ ਕੀ ਉਹ ਦੇ ਖੰਭ ਅਤੇ ਪਰ ਦਯਾ ਪਰਗਟ ਕਰਦੇ ਹਨ ? 14ਉਹ ਤਾਂ ਆਪਣੇ ਆਂਡੇ ਧਰਤੀ ਦੇ ਹਵਾਲੇ ਕਰ ਦਿੰਦੀ ਹੈ, ਅਤੇ ਮਿੱਟੀ ਉੱਤੇ ਉਹਨਾਂ ਨੂੰ ਗਰਮ ਰੱਖਦੀ ਹੈ, 15ਅਤੇ ਭੁੱਲ ਜਾਂਦੀ ਹੈ ਕਿ ਪੈਰਾਂ ਨਾਲ ਉਹ ਤੋੜੇ ਜਾ ਸਕਦੇ ਹਨ, ਅਤੇ ਖੇਤ ਦਾ ਕੋਈ ਜਾਨਵਰ ਉਹਨਾਂ ਨੂੰ ਮਿੱਧ ਸਕਦਾ ਹੈ ।

16ਉਹ ਆਪਣੇ ਬੱਚਿਆਂ ਨਾਲ ਸਖ਼ਤੀ ਕਰਦੀ ਹੈ, ਜਿਵੇਂ ਉਹ ਉਸ ਦੇ ਨਹੀਂ, ਭਾਵੇਂ ਉਸ ਦੀ ਪੀੜਾ ਅਕਾਰਥ ਜਾਵੇ, ਉਹ ਬੇਚਿੰਤ ਹੈ, 17ਕਿਉਂ ਜੋ ਪਰਮੇਸ਼ੁਰ ਨੇ ਉਸ ਨੂੰ ਬੁੱਧਹੀਣ ਬਣਾਇਆ, ਅਤੇ ਉਸ ਨੂੰ ਸਮਝ ਨਹੀਂ ਬਖਸ਼ੀ । 18ਜਦ ਉਹ ਨੱਠਣ ਲਈ ਉੱਠਦੀ ਹੈ, ਤਾਂ ਘੋੜੇ ਅਤੇ ਉਸ ਦੇ ਅਸਵਾਰ ਉੱਤੇ ਹੱਸਦੀ ਹੈ !

19ਭਲਾ, ਤੂੰ ਘੋੜੇ ਨੂੰ ਸ਼ਕਤੀ ਦਿੱਤੀ ? ਕੀ ਤੂੰ ਉਹ ਦੀ ਧੌਣ ਉੱਤੇ ਝੂਲਦੀ ਹੋਈ ਅਯਾਲ ਪੁਆਈ ? 20ਕੀ ਟਿੱਡੀ ਵਾਂਗੂੰ ਟੱਪਣ ਦਾ ਬਲ ਤੂੰ ਉਸ ਨੂੰ ਦਿੰਦਾ ਹੈਂ ? ਉਹ ਦੇ ਫੁਰਾਟੇ ਦੀ ਸ਼ਾਨ ਭਿਆਣਕ ਹੈ !

21ਉਹ ਵਾਦੀ ਵਿੱਚ ਟਾਪ ਮਾਰਦਾ ਹੈ, ਅਤੇ ਆਪਣੇ ਬਲ ਵਿੱਚ ਖੁਸ਼ ਹੁੰਦਾ ਹੈ, ਉਹ ਸ਼ਸਤਰਾਂ ਦੇ ਟਾਕਰੇ ਲਈ ਨਿੱਕਲਦਾ ਹੈ । 22ਉਹ ਡਰ ਉੱਤੇ ਹੱਸਦਾ ਹੈ ਅਤੇ ਘਬਰਾਉਂਦਾ ਨਹੀਂ, ਅਤੇ ਤਲਵਾਰ ਅੱਗੋਂ ਮੂੰਹ ਨਹੀਂ ਮੋੜਦਾ ! 23ਉਹ ਦੇ ਉੱਤੇ ਤਰਕਸ਼ ਖੜਕਦਾ ਹੈ, ਅਤੇ ਚਮਕਦਾ ਹੋਇਆ ਬਰਛਾ ਤੇ ਸਾਂਗ ਵੀ ।

24ਉਹ ਜੋਸ਼ ਅਤੇ ਕਹਿਰ ਵਿੱਚ ਧਰਤੀ ਨੂੰ ਖਾਈ ਜਾਂਦਾ ਹੈ, ਜਦ ਤੁਰ੍ਹੀ ਦੀ ਅਵਾਜ਼ ਆਉਂਦੀ ਹੈ ਤਾਂ ਉਹ ਖੜ੍ਹਾ ਨਹੀਂ ਰਹਿੰਦਾ । 25ਜਦ ਤੁਰ੍ਹੀ ਵੱਜਦੀ ਹੈ, ਉਹ ਹਿਣਕਦਾ ਹੈ, ਅਤੇ ਲੜਾਈ ਨੂੰ ਦੂਰੋਂ ਸੁੰਘ ਲੈਂਦਾ ਹੈ, ਅਤੇ ਸੈਨਾਪਤੀ ਦੀ ਗੱਜ ਅਤੇ ਲਲਕਾਰ ਨੂੰ ਵੀ !

26ਕੀ ਬਾਜ ਤੇਰੀ ਸਮਝ ਨਾਲ ਉੱਡਦਾ ਹੈ, ਅਤੇ ਦੱਖਣ ਵੱਲ ਆਪਣੇ ਖੰਭਾਂ ਨੂੰ ਫੈਲਾਉਂਦਾ ਹੈ ?

27ਕੀ ਉਕਾਬ ਤੇਰੇ ਹੁਕਮ ਨਾਲ ਉੱਚਾ ਜਾਂਦਾ ਹੈ ਕਿ ਉਹ ਉਚਿਆਈ ਤੇ ਆਪਣਾ ਆਲ੍ਹਣਾ ਬਣਾਵੇ ? 28ਉਹ ਟਿੱਲੇ ਉੱਤੇ ਵੱਸਦਾ ਹੈ, ਟਿੱਲੇ ਦੀ ਟੀਸੀ ਉੱਤੇ ਅਤੇ ਪੱਕੇ ਸਥਾਨ ਵਿੱਚ ਰਹਿੰਦਾ ਹੈ ।

29ਉੱਥੋਂ ਉਹ ਆਪਣਾ ਭੋਜਣ ਲੱਭ ਲੈਂਦਾ ਹੈ, ਉਹ ਦੀਆਂ ਅੱਖਾਂ ਦੂਰੋਂ ਤਾੜ ਲੈਂਦੀਆਂ ਹਨ । ਉਹ ਦੇ ਬੱਚੇ ਲਹੂ ਚੂਸਦੇ ਹਨ, ਅਤੇ ਜਿੱਥੇ ਵੱਢੇ ਲੋਕ ਹੁੰਦੇ ਹਨ, ਉੱਥੇ ਉਹ ਵੀ ਹੁੰਦਾ ਹੈ ।”

30

Copyright information for PanULB