Proverbs 11

1ਛਲ ਵਾਲੀ ਤੱਕੜੀ ਤੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰੰਤੂ ਪੂਰੇ ਤੋਲ ਤੋਂ ਉਹ ਪਰਸੰਨ ਹੁੰਦਾ ਹੈ । 2ਹੰਕਾਰ ਦੇ ਨਾਲ ਨਿਰਾਦਰ ਆਉਂਦਾ ਹੈ, ਪਰ ਨਿਮਰਤਾ ਦੇ ਨਾਲ ਬੁੱਧ ਆਉਂਦੀ ਹੈ ।

3ਸਿੱਧਿਆਂ ਦੀ ਖ਼ਰਾਈ ਉਹਨਾਂ ਦੀ ਅਗਵਾਈ ਕਰੇਗੀ, ਪਰ ਕਪਟੀਆਂ ਦੀ ਟੇਢੀ ਚਾਲ ਉਨ੍ਹਾਂ ਦਾ ਨਾਸ਼ ਕਰੇਗੀ । 4ਕਹਿਰ ਦੇ ਦਿਨ ਧਨ ਤੋਂ ਕੁਝ ਲਾਭ ਨਹੀਂ ਹੁੰਦਾ, ਪਰ ਨੇਕੀ ਦੇ ਕੰਮ ਮੌਤ ਤੋਂ ਬਚਾ ਲੈਂਦੇ ਹਨ ।

5ਖਰੇ ਮਨੁੱਖ ਦਾ ਰਾਹ ਧਾਰਮਿਕਤਾ ਦੇ ਕਾਰਨ ਸਿੱਧਾ ਰਹਿੰਦਾ ਹੈ, ਪਰ ਦੁਸ਼ਟ ਮਨੁੱਖ ਆਪਣੀ ਦੁਸ਼ਟਤਾਈ ਨਾਲ ਹੀ ਡਿੱਗ ਪੈਂਦਾ ਹੈ । 6ਸਿੱਧਿਆਂ ਦੀ ਸਿਧਿਆਈ ਉਹਨਾਂ ਨੂੰ ਛੁਡਾਉਂਦੀ ਹੈ, ਪਰ ਛਲੀਏ ਆਪਣੀ ਹੀ ਲੋਚ ਵਿੱਚ ਫਸ ਜਾਂਦੇ ਹਨ ।

7ਜਦ ਦੁਸ਼ਟ ਮਰਦਾ ਹੈ, ਤਦ ਉਹ ਦੀ ਆਸ ਵੀ ਮਿਟ ਜਾਂਦੀ ਹੈ, ਅਤੇ ਬੁਰਿਆਰਾਂ ਦੀ ਆਸ ਦਾ ਨਾਸ਼ ਹੋ ਜਾਂਦਾ ਹੈ । 8ਧਰਮੀ ਬਿਪਤਾ ਤੋਂ ਛੁਡਾਇਆ ਜਾਂਦਾ ਹੈ, ਪਰ ਦੁਸ਼ਟ ਉਸੇ ਵਿੱਚ ਫਸ ਜਾਂਦਾ ਹੈ ।

9ਕੁਧਰਮੀ ਆਪਣੇ ਮੂੰਹ ਨਾਲ ਆਪਣੇ ਗੁਆਂਢੀ ਦਾ ਨਾਸ਼ ਕਰਦਾ ਹੈ, ਪਰ ਧਰਮੀ ਗਿਆਨ ਦੇ ਕਾਰਨ ਛੁਡਾਏ ਜਾਂਦੇ ਹਨ । 10ਜਦ ਧਰਮੀਆਂ ਨੂੰ ਸੁੱਖ ਹੁੰਦਾ ਹੈ, ਤਦ ਨਗਰ ਦੇ ਲੋਕ ਪ੍ਰਸੰਨ ਹੁੰਦੇ ਹਨ, ਪਰ ਜਦ ਦੁਸ਼ਟਾਂ ਦਾ ਨਾਸ਼ ਹੁੰਦਾ, ਤਾਂ ਜੈਕਾਰੇ ਹੁੰਦੇ ਹਨ ! 11ਸਚਿਆਰਾਂ ਦੀਆਂ ਅਸੀਸਾਂ ਨਾਲ ਨਗਰ ਦਾ ਵਾਧਾ ਹੁੰਦਾ ਹੈ, ਪਰ ਦੁਸ਼ਟਾਂ ਦੇ ਬੋਲਾਂ ਨਾਲ ਉਹ ਢਹਿ ਜਾਂਦਾ ਹੈ ।

12ਜਿਹੜਾ ਆਪਣੇ ਗੁਆਂਢੀ ਨੂੰ ਤੁੱਛ ਜਾਣਦਾ ਹੈ ਉਹ ਨਿਰਬੁੱਧ ਹੈ, ਪਰ ਸਮਝਦਾਰ ਪੁਰਸ਼ ਚੁੱਪ ਰਹਿੰਦਾ ਹੈ । 13ਲੁਤਰਾ ਮਨੁੱਖ ਦੂਜਿਆਂ ਦੀਆਂ ਗੁਪਤ ਗੱਲਾਂ ਨੂੰ ਪ੍ਰਗਟ ਕਰਦਾ ਹੈ, ਪਰ ਭਰੋਸੇਮੰਦ ਮਨੁੱਖ ਗੱਲ ਨੂੰ ਲੁਕੋ ਰੱਖਦਾ ਹੈ ।

14ਜਿੱਥੇ ਅਗਵਾਈ ਨਹੀਂ ਹੁੰਦੀ ਉੱਥੇ ਲੋਕ ਡਿੱਗ ਪੈਂਦੇ ਹਨ, ਪਰ ਬਹੁਤੇ ਸਲਾਹਕਾਰਾਂ ਨਾਲ ਬਚਾਓ ਹੁੰਦਾ ਹੈ ।

15ਜਿਹੜਾ ਪਰਾਏ ਮਨੁੱਖ ਦਾ ਜ਼ਮਾਨਤੀ ਬਣੇ, ਉਹ ਵੱਡਾ ਦੁੱਖੀ ਹੁੰਦਾ ਹੈ, ਪਰ ਜਿਹੜਾ ਜ਼ਮਾਨਤ ਲੈਣ ਤੋਂ ਘਿਰਣਾ ਕਰਦਾ ਹੈ, ਉਹ ਸੁਖੀ ਰਹਿੰਦਾ ਹੈ । 16ਦਯਾਵਾਨ ਇਸਤਰੀ ਦਾ ਆਦਰ ਹੁੰਦਾ ਹੈ, ਪਰ ਨਿਰਦਈ ਪੁਰਸ਼ ਧਨ ਦੇ ਪਿੱਛੇ ਲੱਗਿਆ ਰਹਿੰਦਾ ਹੈ ।

17ਦਿਆਲੂ ਆਪਣੀ ਜਾਨ ਦਾ ਭਲਾ ਕਰਦਾ ਹੈ, ਪਰ ਜਿਹੜਾ ਨਿਰਦਈ ਹੈ ਉਹ ਆਪਣੇ ਹੀ ਸਰੀਰ ਨੂੰ ਦੁੱਖ ਦਿੰਦਾ ਹੈ । 18ਦੁਸ਼ਟ ਝੂਠ ਦੀ ਮਜ਼ਦੂਰੀ ਲੈਂਦਾ ਹੈ, ਪਰ ਜਿਹੜਾ ਧਰਮ ਬੀਜਦਾ ਹੈ, ਉਹ ਨੂੰ ਸੱਚ ਦਾ ਫਲ ਮਿਲਦਾ ਹੈ ।

19ਸਚਿਆਰ ਮਨੁੱਖ ਜੀਵਨ ਨੂੰ ਪ੍ਰਾਪਤ ਕਰਦਾ ਹੈ, ਪਰ ਜਿਹੜਾ ਬੁਰਿਆਈ ਦਾ ਪਿੱਛਾ ਕਰਦਾ ਹੈ, ਉਹ ਆਪਣੀ ਮੌਤ ਦਾ ਪਿੱਛਾ ਕਰਦਾ ਹੈ । 20ਜਿਹੜੇ ਮਨ ਦੇ ਟੇਢੇ ਹਨ ਉਹਨਾਂ ਕੋਲੋਂ ਯਹੋਵਾਹ ਨੂੰ ਘਿਣ ਆਉਂਦੀ ਹੈ, ਪਰ ਖਰੀ ਚਾਲ ਵਾਲਿਆਂ ਤੋਂ ਉਹ ਪਰਸੰਨ ਹੁੰਦਾ ਹੈ ।

21ਇਹ ਗੱਲ ਪੱਕੀ ਹੈ ਕਿ ਦੁਸ਼ਟ ਦੰਡ ਬਿਨ੍ਹਾਂ ਨਾ ਛੁੱਟੇਗਾ, ਪਰ ਧਰਮੀ ਦੀ ਅੰਸ ਛੁਡਾਈ ਜਾਵੇਗੀ । 22ਜਿਵੇਂ ਸੂਰ ਦੇ ਨੱਕ ਵਿੱਚ ਸੋਨੇ ਦੀ ਨੱਥ, ਤਿਵੇਂ ਹੀ ਰੂਪਵੰਤ ਇਸਤਰੀ ਹੈ ਜੋ ਵਿਵੇਕਹੀਨ ਹੈ ।

23ਧਰਮੀ ਦੀ ਲਾਲਸਾ ਹਮੇਸ਼ਾ ਭਲਿਆਈ ਦੀ ਹੁੰਦੀ ਹੈ, ਪਰ ਦੁਸ਼ਟਾਂ ਦੀ ਆਸ ਦਾ ਫਲ ਕਹਿਰ ਹੁੰਦਾ ਹੈ । 24ਕੋਈ ਤਾਂ ਵੰਡਦਾ ਹੈ ਫਿਰ ਵੀ ਉਹ ਦਾ ਮਾਲ ਵੱਧਦਾ ਹੈ, ਅਤੇ ਕੋਈ ਜੋਗ ਖ਼ਰਚ ਤੋਂ ਸਰਫ਼ਾ ਕਰਦਾ ਹੈ ਤੇ ਕੰਗਾਲ ਹੀ ਰਹਿੰਦਾ ਹੈ ।

25ਦਾਨੀ ਮਨੁੱਖ ਫਲਵੰਤ ਹੋ ਜਾਂਦਾ ਹੈ, ਅਤੇ ਜੋ ਦੂਜਿਆਂ ਦੀ ਖੇਤੀ ਸਿੰਜਦਾ ਹੈ, ਉਸਦੀ ਵੀ ਸਿੰਜੀ ਜਾਵੇਗੀ । 26ਜਿਹੜਾ ਅਨਾਜ ਨੂੰ ਦੱਬ ਕੇ ਰੱਖਦਾ ਹੈ, ਉਹ ਨੂੰ ਤਾਂ ਲੋਕ ਫਿਟਕਾਰਦੇ ਹਨ, ਪਰ ਜਿਹੜਾ ਉਸ ਨੂੰ ਵੇਚਦਾ ਹੈ, ਉਹ ਨੂੰ ਅਸੀਸਾਂ ਦਿੰਦੇ ਹਨ ।

27ਜਿਹੜਾ ਜਤਨ ਨਾਲ ਭਲਿਆਈ ਨੂੰ ਭਾਲਦਾ, ਉਹ ਕਿਰਪਾ ਨੂੰ ਲੱਭਦਾ ਹੈ, ਪਰ ਜਿਹੜਾ ਬੁਰਿਆਈ ਨੂੰ ਭਾਲਦਾ ਹੈ, ਉਹ ਉਸੇ ਦੇ ਉੱਤੇ ਆ ਪਵੇਗੀ । 28ਜਿਹੜਾ ਆਪਣੇ ਧਨ ਉੱਤੇ ਆਸਰਾ ਰੱਖਦਾ ਹੈ ਉਹ ਡਿੱਗ ਪਵੇਗਾ, ਪਰ ਧਰਮੀ ਹਰੇ ਪੱਤੇ ਵਾਂਗੂੰ ਲਹਿਲਹਾਉਣਗੇ ।

29ਜਿਹੜਾ ਆਪਣੇ ਟੱਬਰ ਨੂੰ ਦੁਖੀ ਕਰਦਾ ਹੈ ਉਹ ਹਵਾ ਨੂੰ ਵਿਰਸੇ ਵਿੱਚ ਲਵੇਗਾ, ਅਤੇ ਮੂਰਖ ਬੁੱਧਵਾਨ ਦਾ ਦਾਸ ਹੋਵੇਗਾ ।

30ਧਰਮੀ ਦਾ ਫਲ ਜੀਵਨ ਦਾ ਰੁੱਖ ਹੈ, ਅਤੇ ਜਿਹੜਾ ਬੁੱਧਵਾਨ ਹੈ ਉਹ ਲੋਕਾਂ ਦੇ ਮਨਾਂ ਨੂੰ ਮੋਹ ਲੈਂਦਾ ਹੈ । ਵੇਖੋ, ਧਰਮੀ ਵੀ ਇਸ ਧਰਤੀ ਉੱਤੇ ਆਪਣਾ ਫਲ ਭੋਗਦੇ ਹਨ, ਤਾਂ ਦੁਸ਼ਟ ਅਤੇ ਪਾਪੀ ਕਿੰਨਾ ਵਧੀਕ ਭੋਗਣਗੇ !

31

Copyright information for PanULB